ਪੰਜਾਬ ਸਰਕਾਰ ਬਣਦੀ ਜਾ ਰਹੀ ਹੈ ਡੰਗ ਟਪਾਊ ਸਰਕਾਰ – ਭਕਨਾ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਪੰਜਾਬ ਸਰਕਾਰ ਕੋਲੋਂ ਦੇਸ਼ ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਭਰਪੂਰ ਆਸਾਂ ਹਨ ਪਰ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਆਪਹੁਦਰੀਆਂ ਕਰਕੇ ਆਲੋਚਨਾ ਹੋਣੀ ਸ਼ੁਰੂ ਹੋ ਗਈ ਹੈ।
ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂਕੇ ਦੇ ਡਾਇਰੈਕਟਰ ਸ. ਹਰਮੀਤ ਸਿੰਘ ਭਕਨਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਕਾਰ ਤੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦਾ ਮੋਹ ਭੰਗ ਹੋਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਵਿਦੇਸ਼ਾਂ ਵਿੱਚ ਰਹਿੰਦੇ ਅਣਗਿਣਤ ਪੰਜਾਬੀ ਕਈ ਦਹਾਕਿਆਂ ਤੋਂ ਪੰਜਾਬ ਵਿੱਚਲੇ ਪਵਿੱਤਰ ਗੁਰਧਾਮਾ ਦੇ ਦਰਸ਼ਨਾਂ ਤੋਂ ਵਾਂਝੇ ਹਨ ਜਿੰਨਾ ਨੂੰ 1984 ਤੋਂ ਬਾਅਦ ਸਮੇਂ ਦੀ ਸਰਕਾਰ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਝੂਠੇ ਕੇਸ ਪਾ ਕੇ ਜਲਾਵਤਨ ਹੋਣ ਲਈ ਮਜਬੂਰ ਕਰ ਦਿੱਤਾ ਸੀ ਤੇ ਜਿਹਨਾਂ ਬਾਰੇ ਪੰਜਾਬ ਸਰਕਾਰ ਨੇ ਅਜੇ ਤੱਕ ਕੋਈ ਪੁਖ਼ਤਾ ਨੀਤੀ ਦਾ ਐਲਾਨ ਨਹੀਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਆਸ ਬੱਝੀ ਸੀ ਕਿ ਜੋ ਕਾਰਜ ਪੰਜਾਬ ਦੀਆ ਪੰਥਕ ਸਰਕਾਰਾਂ ਨਹੀਂ ਕਰ ਸਕੀਆਂ, ਉਹ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕਰੇਗੀ। ਪਰ ਜੋ ਐਲਾਨ 28 ਮਾਰਚ ਨੂੰ ਪੰਜਾਬ ਦੇ ਪ੍ਰਵਾਸੀ ਭਾਰਤੀਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਖਬਾਰਾਂ ਰਾਹੀ ਕੀਤਾ ਸੀ ਕਿ ਪੰਜਾਬ ਵਿੱਚ ਫ਼ਾਸਟ ਟ੍ਰੈਕ ਅਦਾਲਤਾਂ ਦਾ ਗਠਨ ਕੀਤਾ ਜਾਵੇਗਾ ਤੇ ਹਰ ਜਿਲੇ ਵਿੱਚ ਨੋਡਲ ਅਫਸਰ ਨਿਯੁਕਤ ਕੀਤੇ ਜਾਣਗੇ, ਉਸ ਬਾਰੇ ਵੀ ਅੱਜ ਤੱਕ ਕਿਸੇ ਕਾਰਵਾਈ ਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ। ਸ. ਭਕਨਾ ਨੇ ਦੱਸਿਆ ਕਿ ਉਨਾ ਨੇ 2 ਮਹੀਨੇ ਪਹਿਲਾ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਹੁਰਾਂ ਨੂੰ ਵੀ ਇਸ ਬਾਰੇ ਬਿਜਲਈ ਚਿੱਠੀ ਘੱਲੀ ਸੀ, ਜਿਸ ਦਾ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਗਿਆ ਤੇ ਜਿਸ ਬਾਰੇ ਆਮ ਆਦਮੀ ਪਾਰਟੀ ਦੇ ਯੂਕੇ ਵਿੱਚ ਨੁਮਾਇੰਦੇ ਸ. ਮਨਜੀਤ ਸਿੰਘ ਸ਼ਾਲਾਪੁਰੀ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਜੇ ਆਮ ਆਦਮੀ ਪਾਰਟੀ ਦੀ ਸਰਕਾਰ ਇਸੇ ਤਰ੍ਹਾਂ ਹੀ ਵੱਡੇ ਮੁੱਦਿਆਂ ਨੂੰ ਦਰਕਿਨਾਰ ਕਰਕੇ ਸਿਰਫ ਕੇਜਰੀਵਾਲ ਦੀ ਖੁਸ਼ੀ ਲਈ ਪੰਜਾਬ ਨੂੰ ਸ਼ਰਮਸਾਰ ਕਰਨ ਦੇ ਰਾਹ ਤੁਰੀ ਰਹੀ ਤਾਂ ਆਪ ਆਗੂਆਂ ਦਾ ਵਿਦੇਸ਼ਾਂ ਵਿਚ ਤਿੱਖਾ ਵਿਰੋਧ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
Comments are closed, but trackbacks and pingbacks are open.