ਨਿਹੰਗ ਸਿੰਘ ਜਥੇਬੰਦੀਆਂ ਤੇ ਸੰਗਤਾਂ ਨੇ ਕੀਤੀ ਭਰਵੀਂ ਸ਼ਮੂਲੀਅਤ
ਸ੍ਰੀ ਫਤਹਿਗੜ੍ਹ ਸਾਹਿਬ (ਗੁਰਿੰਦਰਜੀਤ ਸਿੰਘ ਪੀਰਜੈਨ) -ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਫ਼ਤਹਿ ਕਰਨ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਫਤਹਿ ਏ ਜੰਗ ਸਾਹਿਬ ਚੱਪੜਚਿੜੀ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਫ਼ਤਹਿ ਮਾਰਚ ਸਜਾਇਆ ਗਿਆ।ਆਰੰਭਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਕੀਤੀ।ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।ਫ਼ਤਹਿ ਮਾਰਚ ਵਿੱਚ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ, ਬੈਂਡ ਤੇ ਗੱਤਕਾ ਪਾਰਟੀਆਂ ਨੇ ਖਾਲਸਾਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ।ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ।ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਲੈ ਕੇ ਜੁਲਮ ਦਾ ਖਾਤਮਾ ਕਰਨ ਤੁਰੇ ਬਾਬਾ ਬੰਦਾ ਸਿੰਘ ਬਹਾਦਰ ਨੇ ਇਸ ਅਸਥਾਨ ’ਤੇ ਜਾਲਮ ਹਕੂਮਤ ’ਤੇ ਫ਼ਤਹਿ ਹਾਸਲ ਕੀਤੀ।ਉਨ੍ਹਾਂ ਆਖਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਫਤਹਿ ਕਰਨ ਦਾ ਇਤਿਹਾਸ ਸਿੱਖ ਕੌਮ ਲਈ ਅਹਿਮ ਹੈ ਅਤੇ ਇਸ ਇਤਿਹਾਸ ਤੋਂ ਕੌਮ ਦੀ ਆਉਣ ਵਾਲੀ ਪੀੜ੍ਹੀ ਨੂੰ ਜ਼ਰੂਰ ਜਾਣੂ ਹੋਣਾ ਚਾਹੀਦਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਫਤਹਿ ਮਾਰਚ ਵਿਚ ਪੁੱਜੀਆਂ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਨੂੰ ਮਾਣ ਹੈ ਕਿ ਸਿੱਖ ਯੋਧਿਆਂ ਨੇ ਇਸ ਧਰਤੀ ’ਤੇ ਇਤਿਹਾਸ ਸਿਰਜਿਆ।ਉਨ੍ਹਾਂ ਕਿਹਾ ਕਿ ਭਾਵੇਂ ਦੁਸ਼ਮਣ ਦੀ ਫ਼ੌਜ ਦੀ ਗਿਣਤੀ ਦੁਗਣੀ ਸੀ, ਪਰ ਖਾਲਸੇ ਨੇ ਗੁਰੂ ਦੀ ਓਟ ਨਾਲ ਫ਼ਤਹਿ ਹਾਸਲ ਕੀਤੀ। ਸ. ਪੰਜੋਲੀ ਨੇ ਕਿਹਾ ਕਿ ਅੱਜ ਦੇ ਇਸ ਦਿਨ ਨੂੰ ਸਾਰੇ ਧਰਮਾਂ ਦੇ ਲੋਕਾਂ ਨੂੰ ਮਨਾਉਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਜ਼ੁਲਮੀ ਰਾਜ ਦੀ ਜੜ੍ਹ ਪੁੱਟਣ ਦੀ ਸ਼ੁਰੂਆਤ ਹੋਈ ਸੀ।ਇਸ ਮੌਕੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਕਰਨੈਲ ਸਿੰਘ ਪੰਜੋਲੀ ਤੇ ਗਿਆਨੀ ਹਰਪਾਲ ਸਿੰਘ ਨੇ ਸਿਰੋਪਾਓ ਦੇ ਕੇ ਨਿਵਾਜਿਆ।ਰਸਤੇ ਵਿਚ ਸੰਗਤਾਂ ਵੱਲੋਂ ਫ਼ਤਹਿ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ।ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਜੱਸਾ ਸਿੰਘ ਬੁੱਢਾ ਦਲ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਵਤਾਰ ਸਿੰਘ ਰਿਆ, ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਸਿਮਰਨਜੀਤ ਸਿੰਘ ਚੰਦੂਮਾਜਰਾ, ਸਾਬਕਾ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਲਖਬੀਰ ਸਿੰਘ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੈਨੇਜਰ ਸ. ਗੁਰਦੀਪ ਸਿੰਘ ਕੰਗ, ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਮੈਨੇਜਰ ਸ. ਨੱਥਾ ਸਿੰਘ, ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਦੇ ਮੈਨੇਜਰ ਸ. ਰਾਜਿੰਦਰ ਸਿੰਘ ਟੌਹੜਾ, ਪ੍ਰਿੰਸੀਪਲ ਲਖਬੀਰ ਸਿੰਘ, ਭਾਈ ਭੁਪਿੰਦਰ ਸਿੰਘ, ਸ. ਮੋਹਨ ਸਿੰਘ, ਬੀਬੀ ਹਰਬੰਸ ਕੌਰ ਪ੍ਰਧਾਨ ਸੁਖਮਨੀ ਸੁਸਾਇਟੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Comments are closed, but trackbacks and pingbacks are open.