ਪ੍ਰਵਾਸੀ ਪੰਜਾਬੀਆਂ ਲਈ ਪ੍ਰਗਟ ਸਿੰਘ ਨੇ ਅਹਿਮ ਐਲਾਨ ਕੀਤੇ

ਪ੍ਰਵਾਸੀ ਪੰਜਾਬੀਆਂ ਲਈ ਪ੍ਰਗਟ ਸਿੰਘ ਨੇ ਅਹਿਮ ਐਲਾਨ ਕੀਤੇ

ਐਨ ਆਰ ਆਈ ਕਮਿਸ਼ਨ ਮੈਂਬਰ ਸਹੋਤਾ ਵਲੋਂ ਮੰਤਰੀ ਦੀ ਸ਼ਲਾਘਾ

ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਵਿਚ ਜਾਇਦਾਦ ਅਤੇ ਵਿਤੀ ਮਾਮਲਿਆਂ ਵਿਚ ਆਉਂਦੀਆਂ ਔਕੜਾਂ ਸਮੇਤ ਹੋਰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਪਰਵਾਸੀ ਪੰਜਾਬੀਆਂ ਦੀ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਭਵਿੱਖੀ ਦਸਤਾਵੇਜ਼ ਤਿਆਰ ਕੀਤਾ ਗਿਆ। ਇਹ ਖੁਲਾਸਾ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ । ਇਸ ਮੌਕੇ ਐੱਨ.ਆਰ.ਆਈ. ਕਮਿਸ਼ਨ ਦੇ ਮੈਂਬਰ ਦਲਜੀਤ ਸਿੰਘ ਸਹੋਤਾ, ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸੀ .ਏ. ਅਸ਼ਵਨੀ ਕੁਮਾਰ ਤੇ ਗੁਰਪਾਲ ਸਿੰਘ ਸਮੁੰਦਰੀ ਹਾਜ਼ਰ ਸਨ।

ਪਰਗਟ ਸਿੰਘ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਦੀ ਸੁਰੱਖਿਆ ਖਾਸ ਕਰਕੇ ਜਾਇਦਾਦਾਂ ਆਦਿ ਨੂੰ ਸੁਰੱਖਿਅਤ ਯਕੀਨੀ ਬਣਾਉਣਾ ਅਤੇ ਸੂਬਾ ਸਰਕਾਰ ਵੱਲੋਂ ਸਮਰਥਨ ਪ੍ਰਦਾਨ ਕਰਕੇ ਸੂਬੇ ਵਿਚ ਰਹਿੰਦੇ ਹੋਏ ਘਰ ਵਾਂਗ ਹੀ ਮਹਿਸੂਸ ਕਰਵਾਉਣਾ ਬਣਦਾ ਹੈ । ਇਸੇ ਲਈ ਵਿੱਤੀ ਅਤੇ ਵਪਾਰਕ ਗਤੀਵਿਧੀਆਂ ਨਾਲ ਵੱਖਰੇ ਵਿੰਗ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਵਿਚ ਪਰਵਾਸੀ ਪੰਜਾਬੀਆਂ ਦੇ ਸਾਰੇ ਵਪਾਰਕ ਅਤੇ ਵਿੱਤ ਸੰਬੰਧੀ ਮੁੱਦਿਆਂ ਨੂੰ ਸਿੰਗਲ ਵਿੰਡੋ ਰਾਹੀਂ ਹੱਲ ਕੀਤਾ ਜਾਵੇਗਾ । ਇਸੇ ਤਰ੍ਹਾਂ ਪਰਵਾਸੀਆਂ ਦੇ ਮਾਲ ਵਿਭਾਗ ਨਾਲ ਜਾਇਦਾਦਾਂ ਦੇ ਕੰਮ ਵਿਚ ਸਿੰਗਲ ਵਿੰਡੋ ਸਹੂਲਤ ਪ੍ਰਦਾਨ ਕਰਕੇ ਪੰਜਾਬ ਵਿਚ ਕਾਰੋਬਾਰ ਸਥਾਪਤ ਕਰਨ ਵਿਚ ਮੱਦਦ ਕੀਤੀ ਜਾਵੇਗੀ ।

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਪਰਵਾਸੀ ਪੰਜਾਬੀਆਂ ਲਈ ਢੁਕਵਾਂ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇ। ਇਕ ਪ੍ਰਭਾਵੀ ਸ਼ਿਕਾਇਤ ਨਿਵਾਰਣ ਅਤੇ ਫੀਡਬੈਕ ਵਿਧੀ ਸਥਾਪਤ ਕੀਤੀ ਜਾਵੇਗੀ । ਪਰਵਾਸੀ ਭਾਰਤੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਨੂੰ ਇੱਕੋ ਛੱਤ ਹੇਠ ਲਿਆਇਆ ਜਾਵੇਗਾ । ਪਰਵਾਸੀਆਂ ਨੂੰ ਸੂਬੇ ਵਿਚ ਵਾਪਰ ਰਹੀਆਂ ਘਟਨਾਵਾਂ ਤੋਂ ਜਾਣੂ ਕਰਵਾਉਣ ਲਈ ਵੈੱਬਸਾਈਟ ਅਤੇ ਐਪ ਰਾਹੀਂ ਪ੍ਰਭਾਵਸ਼ਾਲੀ ਸੰਚਾਰ ਚੈਨਲ ਸਥਾਪਤ ਕੀਤੇ ਜਾਣਗੇ । ਇਸ ਆਨ-ਲਾਈਨ ਪੋਰਟਲ ਰਾਹੀਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਭਾਗ ਪੂਰੀ ਤਰ੍ਹਾਂ ਫਾਲੋ-ਅੱਪ ਕਰਦਾ ਹੈ ।

ਪਰਗਟ ਸਿੰਘ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਵੱਲੋਂ ਪੰਜਾਬ ਦੇ ਇਤਿਹਾਸ, ਵਿਰਸੇ, ਪੰਜਾਬੀ ਭਾਸ਼ਾ ਆਦਿ ਬਾਰੇ ਆਪਣੇ ਬੱਚਿਆਂ ਨੂੰ ਗਰਮੀ ਦੀਆਂ ਛੁੱਟੀਆਂ ਦੌਰਾਨ ਜਾਣਕਾਰੀ ਦੇਣ ਲਈ ਥੋੜ੍ਹੇ ਸਮੇਂ ਦੇ ਕੋਰਸ ਕਰਵਾਉਣ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੀਆਂ ਯੂਨੀਵਰਸਿਟੀਆਂ ਵਿਚ ਥੋੜ੍ਹੇ ਸਮੇਂ ਦੇ ਸਮਰ ਸਕੂਲ ਕੋਰਸ ਸ਼ੁਰੂ ਕੀਤੇ ਜਾਣਗੇ ਤਾਂ ਜੋ ਨਵੀਂ ਪੀੜ੍ਹੀ ਨੂੰ ਪੰਜਾਬ ਦੇ ਸੱਭਿਆਚਾਰਕ ਅਤੇ ਧਾਰਮਿਕ ਵਿਰਸੇ ਤੋਂ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਵਿਰਾਸਤ ਦੇ ਨੇੜੇ ਲਿ ਆਇਆ ਜਾ ਸਕੇ । ਇਸ ਤੋਂ ਇਲਾਵਾ ਸੂਬੇ ਨਾਲ ਜੋੜਨ ਅਤੇ ਸੈਰ ਸਪਾਟਾ ਨੂੰ ਹੁਲਾਰਾ ਦੇਣ ਲਈ ‘ਹੋਮ ਸਟੇਅ’ ਦੀ ਸਹੂਲਤ ਸ਼ੁਰੂ ਕੀਤੀ ਜਾਵੇਗੀ।

ਐਨ ਆਰ ਆਈ ਕਮਿਸ਼ਨ ਪੰਜਾਬ ਦੇ ਮੈਂਬਰ ਦਲਜੀਤ ਸਿੰਘ ਸਹੋਤਾ ਨੇ ਸ. ਪ੍ਰਗਟ ਸਿੰਘ ਵਲੋਂ ਕੀਤੇ ਐਲਾਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਫੈਸਲਿਆਂ ਨਾਲ ਪ੍ਰਵਾਸੀ ਪੰਜਾਬੀਆਂ ਦੇ ਲਮਕਦੇ ਮਸਲੇ ਹੱਲ ਹੋਣਗੇ ਅਤੇ ਨੇੜਤਾ ਵਧੇਗੀ।

Comments are closed, but trackbacks and pingbacks are open.