ਬਰਤਾਨਵੀ ਐਮ.ਪੀ. ਢੇਸੀ ਦੀ ਪੰਜਾਬ ਫੇਰੀ

ਐਨ ਆਰ ਆਈ ਮੰਤਰੀ ਨਾਲ ਵਿਸ਼ੇਸ਼ ਮੁਲਾਕਾਤ

ਜਲੰਧਰ – ਬਰਤਾਨਵੀ ਐਮ.ਪੀ ਤਨਮਨਜੀਤ ਸਿੰਘ ਢੇਸੀ ਨੇ ਜਲੰਧਰ ਵਿਖੇ ਸੰਜੀਵ ਅਰੋੜਾ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐੱਨ.ਆਰ.ਆਈ ਮਾਮਲੇ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੋਵਾਂ ਦਾ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਯੂ ਅਗਰਵਾਲ ਅਤੇ ਪਰਮਜੀਤ ਸਿੰਘ ਰਾਏਪੁਰ ਮੈਂਬਰ ਐੱਸ.ਜੀ.ਪੀ.ਸੀ. ਕਾਰਜਕਾਰੀ ਕਮੇਟੀ ਅਤੇ ਸਾਬਕਾ ਚੇਅਰਮੈਨ ਜਲੰਧਰ ਨਗਰ ਸੁਧਾਰ ਟਰੱਸਟ ਨੇ ਨਿੱਘਾ ਸੁਆਗਤ ਕੀਤਾ।

ਘੰਟਾ ਭਰ ਚੱਲੀ ਇਸ ਮੀਟਿੰਗ ਵਿੱਚ ਪ੍ਰਵਾਸੀ ਭਾਰਤੀਆਂ ਲਈ ਮਹੱਤਵਪੂਰਨ ਮੁੱਦਿਆਂ ਖਾਸ ਕਰ ਕੇ ਜ਼ਮੀਨਾਂ ਦੇ ਝਗੜੇ ਅਤੇ ਉਨ੍ਹਾਂ ’ਤੇ ਕਬਜ਼ੇ ਕਰਨ ਦੇ ਮਾਮਲਿਆਂ ਨੂੰ ਵਿਚਾਰਿਆ ਗਿਆ, ਜੋ ਕਿ ਵੱਡੀ ਚਿੰਤਾ ਦਾ ਕਾਰਨ ਹੈ। ਇਸ ਤੋਂ ਇਲਾਵਾ ਜ਼ਬਰੀ ਵਸੂਲੀ ਦੀਆਂ ਘਟਨਾਵਾਂ ਵੀ ਇੱਕ ਸਮੱਸਿਆ ਵਜੋਂ ਵਿਚਾਰੀਆਂ ਗਈਆਂ, ਜਿਨ੍ਹਾਂ ਨਾਲ ਆਮ ਲੋਕਾਂ ਖਾਸ ਕਰ ਕੇ ਪ੍ਰਵਾਸੀ ਭਾਰਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਜਿੱਠਣ ਦੀ ਲੋੜ ਹੈ।

ਐਮ.ਪੀ. ਢੇਸੀ ਨੇ ਪਵਿੱਤਰ ਸ਼ਹਿਰ ਅੰਮਿ੍ਰਤਸਰ ਅਤੇ ਰਾਜਧਾਨੀ ਚੰਡੀਗੜ੍ਹ ਲਈ ਮੁੜ੍ਹ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਉਠਾਇਆ, ਖਾਸ ਕਰਕੇ ਲੰਡਨ, ਬਰਮਿੰਘਮ ਅਤੇ ਹੋਰ ਯੂਰਪੀਅਨ ਸਥਾਨਾਂ ਸਮੇਤ ਉੱਤਰੀ ਅਮਰੀਕਾ ਅਤੇ ਏਸ਼ੀਆਈ ਮੁਲਕਾਂ ਤੋਂ ਇਹ ਉਡਾਣਾਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਅੰਮਿ੍ਰਤਸਰ ਵਿੱਚ ਅੰਤਰਰਾਸ਼ਟਰੀ ਕਾਰਗੋ ਬੰਦਰਗਾਹ, ਜਿਸ ਨੂੰ ਹਾਲ ਹੀ ਵਿੱਚ ਭਾਰਤ-ਪਾਕਿ ਤਣਾਅ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਸੀ, ਨੂੰ ਦੁਬਾਰਾ ਖੋਲ੍ਹਣ ਦੀ ਜ਼ਰੂਰਤ ਹੈ। ਢੇਸੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਵਾਂਗ ਦੁਨੀਆ ਭਰ ਵਿੱਚ ਵਸਦੇ ਪੰਜਾਬੀ ਦੁਵੱਲੇ ਸਬੰਧਾਂ ਨੂੰ ਹੋਰ ਪਕੇਰਾ ਕਰਨ ਦੀ ਇੱਛਾ ਰੱਖਦੇ ਹਨ ਤੇ ਪੰਜਾਬ ਦੀ ਤਰੱਕੀ ਲਈ ਪ੍ਰਾਰਥਨਾ ਕਰਦੇ ਹਨ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਉਠਾਏ ਗਏ ਮਾਮਲਿਆਂ ਨੂੰ ਪੰਜਾਬ ਸਰਕਾਰ ਅਤੇ ਭਾਰਤ ਦੇ ਸਬੰਧਤ ਅਧਿਕਾਰੀ ਗੰਭੀਰਤਾ ਨਾਲ ਜਲਦ ਹੱਲ ਕਰਨ ਲਈ ਚਾਰਾਜੋਈ ਕਰਨਗੇ।

Comments are closed, but trackbacks and pingbacks are open.