ਵਿਧਾਇਕ ਸੁਖਪਾਲ ਖਹਿਰਾ ਨਾਲ ਅਮਨ ਕਾਨੂੰਨ ਸਬੰਧੀ ਵਿਚਾਰਾਂ ਹੋਈਆਂ
ਜਲੰਧਰ – ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਮੁੱਖ ਸਰਪ੍ਰਸਤ ਤੇ ਐਨ. ਆਰ. ਆਈ. ਕਮਿਸ਼ਨ ਦੇ ਸਾਬਕਾ ਮੈਂਬਰ ਦਲਜੀਤ ਸਿੰਘ ਸਹੋਤਾ ਵਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਇੰਡੀਅਨ ਓਵਰਸੀਜ਼ ਕਾਂਗਰਸ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੰਗ ਦੀ ਰਿਹਾਇਸ਼ ‘ਤੇ ਹੋਈ, ਜਿਸ ਵਿਚ ਪੰਜਾਬ ਦੇ ਸਿਆਸੀ ਹਾਲਾਤ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ‘ਚ ਸ. ਦਲਜੀਤ ਸਿੰਘ ਸਹੋਤਾ ਨੇ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਪ੍ਰਵਾਸੀ ਭਾਰਤੀਆਂ ਅੰਦਰ ਦਹਿਸ਼ਤ ਦਾ ਮਾਹੌਲ ਹੈ ਤੇ ਉਹ ਪੰਜਾਬ ਆਉਣ ਤੋਂ ਘਬਰਾਉਣ ਲੱਗੇ ਹਨ। ਉਨ੍ਹਾਂ ਕਿਹਾ ਕਿ ਸੂਬੇ ‘ਚ ਨਿੱਤ ਹੋ ਰਹੀਆਂ ਗੋਲੀਬਾਰੀ ਤੇ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਕਾਰਨ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਆਪਣੇ ਸਕੇ ਸੰਬੰਧੀਆਂ ਦੀ ਚਿੰਤਾ ਵੀ ਸਤਾਉਣ ਲੱਗੀ ਹੈ।
ਸ. ਸਹੋਤਾ ਨੇ ਕਿਹਾ ਕਿ ਸਰਕਾਰ ਐਨ. ਆਰ. ਆਈ ਦਾ ਭਰੋਸਾ ਜਿੱਤਣ ‘ਚ ਕਾਮਯਾਬ ਨਹੀਂ ਹੋ ਸਕੀ ਹੈ ਤੇ ਇਹੀ ਵਜ੍ਹਾ ਹੈ ਕਿ ਪ੍ਰਵਾਸੀ ਪੰਜਾਬੀ ਸੂਬੇ ‘ਚ ਨਿਵੇਸ਼ ਕਰਨ ਤੋਂ ਆਪਣੇ ਹੱਥ ਪਿੱਛੇ ਖਿੱਚ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ‘ਚ ਵਿਕਾਸ ਕੰਮ ਵੀ ਪੂਰੀ ਤਰ੍ਹਾਂ ਨਾਲ ਠੱਪ ਹੋਣ ਕਾਰਨ ਲੋਕ ਅਨੇਕਾਂ ਸਮੱਸਿਆਵਾਂ ਨਾਲ ਘਿਰੇ ਹੋਏ ਹਨ।
ਇਸ ਮੌਕੇ ਸ. ਸੁਖਪਾਲ ਸਿੰਘ ਖਹਿਰਾ ਨੇ ਵੀ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ‘ਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਕਾਂਗਰਸ ਪਾਰਟੀ ਵਲੋਂ ਸਰਕਾਰ ਨੂੰ ਹਲੂਣਾ ਦੇਣ ਲਈ ਵਿਆਪਕ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਸੇਵਾ ਸਿੰਘ ਜੌਹਲ ਅਤੇ ਤਰਸੇਮ ਸਿੰਘ ਸੈਣੀ ਆਦਿ ਵੀ ਮੌਜੂਦ ਸਨ।
Comments are closed, but trackbacks and pingbacks are open.